This Portal is for Registration for Visitors Coming to Sultanpur Lodhi Only. For Kartarpur Corridor Registration Click Here
This Portal is for Registration for Visitors Coming to Sultanpur Lodhi Only. For Kartarpur Corridor Registration Click Here

News Details

News Details

ਨਿਰਮਲ ਕੁਟੀਆ ਸੀਚੇਵਾਲ ਤੋਂ ਨਗਰ ਕੀਰਤਨ ਸੁਲਤਾਨਪੁਰ ਲੋਧੀ ਪਹੁੰਚਿਆ

1462 Views | November 05, 2018

ਨਿਰਮਲ ਕੁਟੀਆ ਸੀਚੇਵਾਲ ਤੋਂ ਨਗਰ ਕੀਰਤਨ ਸੁਲਤਾਨਪੁਰ ਲੋਧੀ ਪਹੁੰਚਿਆ 
੫੫੦ਵੇਂ ਪ੍ਰਕਾਸ਼ ਪੁਰਬ ਮਨਾਉਣ ਲਈ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਰਸਮੀ ਸ਼ੁਰੂਆਤ
ਸੰਤ ਸੀਚੇਵਾਲ ਨੇ ਪਰਾਲੀ ਨੂੰ ਅੱਗਾਂ ਨਾ ਲਗਾਉਣ ਵਾਲੇ ਕਿਸਾਨਾਂ ਦਾ ਕੀਤਾ ਧੰਨਵਾਦ

ਸੁਲਤਾਨਪੁਰ ਲੋਧੀ ੫ ਨਵੰਬਰ 
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਾਲ ੨੦੧੯ ਵਿੱਚ ਆ ਰਹੇ ੫੫੦ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਵਾਲੇ ਸਮਾਗਮਾਂ ਦੀ ਰਸਮੀ ਸ਼ੁਰੂਆਤ ਨਿਰਮਲ ਕੁਟੀਆ ਸੀਚੇਵਾਲ ਤੋਂ ਸੁਲਤਾਨਪੁਰ ਲੋਧੀ ਪੁੱਜੇ ਨਗਰ ਕੀਰਤਨ ਨਾਲ ਹੋ ਗਈ ਹੈ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ਵਿੱਚ ਨਿਰਮਲ ਕੁਟੀਆ ਸੀਚੇਵਾਲ ਤੋਂ ਚੱਲੇ ਨਗਰ ਕੀਰਤਨ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਿੱਸਾ ਲਿਆ। ਹਰ ਥਾਂ 'ਤੇ ਨਗਰ ਕੀਰਤਨ ਵਿੱਚ ਚੱਲ ਰਹੀਆਂ ਸੰਗਤਾਂ ਦਾ ਪਿੰਡਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਸਾਰੇ ਨਗਰ ਕੀਰਤਨ ਦੌਰਾਨ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ। ਉਨ੍ਹਾਂ  ਕਿਹਾ ਕਿ ਬਾਬੇ ਨਾਨਕ ਦੇ ਸਿਧਾਂਤ ਨੂੰ ਮੰਨਣ ਵਾਲੇ ਕਿਸਾਨਾਂ ਨੇ ਪਰਾਲੀ ਨੂੰ ਅੱਗ ਨਹੀਂ ਲਾਈ ।ਸੰਤ ਸੀਚੇਵਾਲ ਨੇ ਪਰਾਲੀ ਨੂੰ ਅੱਗਾਂ ਨਾ ਲਗਾਉਣ ਵਾਲੇ ਕਿਸਾਨਾਂ ਦਾ ਧੰਨਵਾਦ ਕੀਤਾ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਬਾਣੀ ਕੁਦਰਤ ਨਾਲ ਮਨੁੱਖ ਦੀ ਸਾਂਝ ਨੂੰ ਪਕੇਰੀ ਕਰਦੀ ਹੈ।
ਸੰਤ ਸੀਚੇਵਾਲ ਨੇ ਕਿਹਾ ਕਿ ੨੩ ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ੫੪੯ ਵਾਂ ਪ੍ਰਕਾਸ਼ ਪੁਰਬ ਮਨਾਇਆ ਜਾਣਾ ਹੈ ਤੇ ੫੫੦ਵੇਂ ਪ੍ਰਕਾਸ਼ ਪੁਰਬ ਨੂੰ ਵੱਡੀ ਪੱਧਰ 'ਤੇ ਮਨਾਉਣ ਲਈ ਕੀਤੇ ਜਾਣ ਵਾਲੇ ਸਮਾਗਮਾਂ ਦੀ ਅੱਜ ਨਗਰ ਕੀਰਤਨ ਨਾਲ ਸ਼ੁਰੂਆਤ ਕੀਤੀ ਗਈ ਹੈ।ਇਸ ਨਗਰ ਕੀਰਤਨ ਦਾ ਸਵਾਗਤ ਕਰਨ ਲਈ ਹਰ ਪਿੰਡ ਨੇ ੫੫੦ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੇਟ ਬਣਾਏ ਹੋਏ ਸਨ।
ਬਾਬੇ ਨਾਨਕ ਦੀ ਬਾਣੀ ਨੂੰ ਸਮਰਪਿਤ ਇਸ ਨਗਰ ਕੀਰਤਨ ਵਿੱਚ ਖੂਬਸੂਰਤੀ ਇਹ ਰਹੀ ਕਿ ਨਗਰ ਕੀਰਤਨ ਵਿੱਚ ਵਾਤਾਵਰਣ ਨੂੰ ਬਚਾਉਣ ਲਈ ਤੇ ਹਵਾ,ਪਾਣੀ ਤੇ ਧਰਤੀ ਨੂੰ ਸ਼ੁੱਧ ਰੱਖਣ ਦਾ ਸੁਨੇਹਾ ਦਿੰਦੀ ਪ੍ਰਦਰਸ਼ਨੀ ਵੀ ਨਾਲ-ਨਾਲ ਚੱਲ ਰਹੀ ਸੀ।
ਇਹ ਨਗਰ ਕੀਰਤਨ ਸੀਚੇਵਾਲ ਤੋਂ ਸ਼ੁਰੂ ਹੋਇਆ ਤੇ ਮਾਲਾ, ਸੋਹਲ ਖਾਲਸਾ, ਤਲਵੰਡੀ ਮਾਧੋ, ਅਹਿਮਦਪੁਰ, ਸ਼ੇਰਪੁਰ ਦੋਨਾ, ਮਨਿਆਲਾ, ਫੌਜ਼ੀ ਕਲੋਨੀ ਤੋਂ ਹੁੰਦਿਆ ਹੋਇਆ ਸੁਲਤਾਨਪੁਰ ਲੋਧੀ ਪਹੁੰਚਿਆ। ਪਵਿੱਤਰ ਸ਼ਹਿਰ ਵਿੱਚ ਗੁਰਦੁਆਰਾ ਅੰਤਰਜਾਮਤਾ ਤੋਂ ਹੋ ਕੇ ਗੁਰਦੁਆਰਾ ਬੇਰ ਸਿਹਬ ਤੋਂ ਪਵਿੱਤਰ ਵੇਈਂ ਦੇ ਕਿਨਾਰੇ ਹੁੰਦਿਆ ਹੋਇਆ ਨਿਰਮਲ ਕੁਟੀਆ ਪੁਹੰਚਿਆ। ਇਸ ਨਗਰ ਕੀਰਤਨ ਵਿੱਚ ਸੰਤ ਦਇਆ ਸਿੰਘ, ਸੰਤ ਅਮਰੀਕ ਸਿੰਘ ਖੁਖਰੈਣ ਵਾਲੇ, ਸੰਤ ਗੁਰਮੇਜ਼ ਸਿੰਘ ਸੈਦਰਾਣਾ ਵਾਲੇ ਤੇ ਹੋਰ ਧਾਰਮਿਕ ਸ਼ਖਸ਼ੀਅਤਾਂ ਹਾਜ਼ਰ ਸਨ। ਸੰਤ ਅਵਤਾਰ ਸਿੰਘ ਗੱਤਕਾ ਅਖਾੜਾ ਦੀ ਟੀਮ ਕੋਚ ਗੁਰਵਿੰਦਰ ਕੌਰ ਦੀ ਅਗਵਾਈ ਹੇਠ ਗੱਤਕਾ ਦੇ ਜ਼ੌਹਰ ਦਿਖਾਏ।
ਸੰਤ ਅਵਤਾਰ ਸਿੰਘ ਯਾਦਗਾਰੀ ਸਕੂਲ ਤੇ ਕਾਲਜ ਦੇ ਵਿਦਿਆਰਥੀ ਵੀ ਵਾਤਾਵਰਣ ਦਾ ਸੁਨੇਹਾ ਦੇਣ ਵਾਲੀਆਂ ਤਖਤੀਆਂ ਹੱਥਾਂ ਵਿੱਚ ਫੜ ਕੇ ਚੱਲ ਰਹੇ ਸਨ।